ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਨੂੰ ਪੰਜਾਬ ਵਿੱਚ ਭਰਵਾਂ ਹੁੰਗਾਰਾ

ਲੋਕ ਆਵਾਜ਼, ਮਈ 26,2021:

ਕੇਂਦਰੀ ਖੇਤੀ ਕਾਨੂੰਨਾਂ ਖਿਲਾਫ਼ ਦਿੱਲੀ ਦੀਆਂ ਬਰੂਹਾਂ ’ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ 6 ਮਹੀਨੇ ਪੂਰੇ ਹੋਣ ’ਤੇ ਸੰਯੁਕਤ ਕਿਸਾਨ ਮੋਰਚੇ ਵੱਲੋ ‘ਕਾਲਾ ਦਿਨ’ ਮਨਾਇਆ ਜਾ ਰਿਹਾ ਹੈ, ਜਿਸ ਨੂੰ ਪੂਰੇ ਪੰਜਾਬ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਪੂਰੇ ਰਾਜ ਵਿੱਚ ਅੱਜ ਸਵੇਰ ਤੋਂ ਹੀ ਲੋਕਾਂ ਵੱਲੋਂ ਪਿੰਡ-ਪਿੰਡ ਅਤੇ ਸ਼ਹਿਰਾਂ ਵਿੱਚ ਮੋਦੀ ਦੇ ਪੁਤਲੇ ਸਾੜੇ ਜਾ ਰਹੇ ਹਨ। ਦੂਜੇ ਪਾਸੇ ਆਪਣੇ ਘਰਾਂ ਅਤੇ ਵਾਹਨਾਂ ’ਤੇ ਕਾਲੇ ਝੰਡੇ ਲਗਾ ਕੇ ਰੋਸ ਜ਼ਾਹਿਰ ਕੀਤਾ ਗਿਆ। ਕਿਸਾਨਾਂ ਨੇ ਮੰਗ ਕੀਤੀ ਕਿ ਤਿੰਨੇ ਖੇਤੀ ਕਾਨੂੰਨ ਰੱਦ ਕੀਤੇ ਜਾਣ ਅਤੇ ਫ਼ਸਲਾਂ ਨੂੰ ਐੱਮਐੱਸਪੀ ’ਤੇ ਖਰੀਦ ਦੀ ਗਰੰਟੀ ਦਾ ਕਾਨੂੰਨ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਤਿੰਨੇ ਕਾਨੂੰਨ ਰੱਦ ਨਹੀਂ ਹੋਣਗੇ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਉਧਰ ਰਾਜਸੀ ਪਾਰਟੀਆਂ ਦੇ ਵੱਡੇ ਨੇਤਾਵਾਂ ਨੇ ਆਪੋ-ਆਪਣੇ ਘਰਾਂ ਅਤੇ ਪਾਰਟੀ ਦਫ਼ਤਰਾਂ ਵਿਚ ਕਾਲੇ ਝੰਡੇ ਲਹਿਰਾਏ, ਜਦੋਂ ਕਿ ਕਿਸਾਨ ਜਥੇਬੰਦੀਆਂ ਵਲੋਂ ਪਿੰਡਾਂ ਵਿਚ ਕਾਲੇ ਝੰਡੇ ਲਹਿਰਾਏ ਗਏ ਅਤੇ ਮੋਦੀ ਸਰਕਾਰ ਦੀਆਂ ਥਾਂ ਥਾਂ ਅਰਥੀਆਂ ਸਾੜੀਆਂ ਗਈਆਂ ਹਨ।

ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਦੇ ਖਿਲਾਫ਼ ਚੱਲ ਰਹੇ ਇਤਿਹਾਸਕ ਕਿਸਾਨ ਅੰਦੋਲਨ ਦੇ ਅੱਜ 6 ਮਹੀਨੇ ਪੂਰੇ ਹੋ ਗਏ ਹਨ, ਜਿਸ ਨੂੰ ਮੁੱਖ ਰੱਖਦਿਆਂ ਸੁੰਯਕਤ ਕਿਸਾਨ ਮੋਰਚਾ ਵਲੋਂ ਅੱਜ ਦੇ ਦਿਨ ਨੂੰ ਕਾਲਾ ਦਿਵਸ ਮਨਾਉਣ ਦਾ ਸੱਦਾ ਦਿੱਤਾ ਗਿਆ ਹੈ। ਇਸ ਸੱਦੇ ਨੂੰ ਲੈਕੇ ਪੰਜਾਬ ਭਰ ਵਿੱਚ ਕਿਸਾਨ, ਮਜ਼ਦੂਰ, ਮੁਲਾਜ਼ਮ, ਵਿਦਿਆਰਥੀ, ਦੁਕਾਨਦਾਰ,‌ਦਿਹਾੜੀਦਾਰ ਜਥੇਬੰਦੀਆਂ ਨੇ ਘਰਾਂ, ਦੁਕਾਨਾਂ, ਬਜ਼ਾਰਾਂ, ਬੱਸਾਂ ਅਤੇ ਹੋਰ ਵੱਖ-ਵੱਖ ਵਾਹਨਾਂ ਉਪਰ ਕਾਲੇ ਝੰਡੇ ਲਹਿਰਾਏ ਗਏ ਹਨ। ਪਿੰਡਾਂ ਵਿਚ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਮੋਦੀ ਸਰਕਾਰ ਦੀਆਂ ਅਰਥੀਆਂ ਸਾੜੀਆਂ ਗਈਆਂ ਹਨ ਅਤੇ ਲੋਕਾਂ ਨੂੰ ਹੋਕਾ ਦਿੱਤਾ ਗਿਆ ਹੈ ਕਿ ਉਹ ਕਾਲੇ ਖੇਤੀ ਕਾਨੂੰਨਾਂ ਖਿਲਾਫ਼ ਲੜੀ ਜਾ ਰਹੀ ਜੰਗ ਵਿੱਚ ਹੋਰ ਵੀ ਭਰਵਾਂ ਸਾਥ ਦਿੱਤਾ ਜਾਵੇ। ਜਥੇਬੰਦੀਆਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਕਰਵਾਉਣ ਤੋਂ ਬਾਅਦ ਹੀ ਵਾਪਸ ਘਰਾਂ ਨੂੰ ਆਉਣਗੇ।

Leave a Reply

Your email address will not be published. Required fields are marked *